ਚੰਡੀਗੜ੍ਹ:- ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅੱਜ ਚੰਡੀਗਡ਼੍ਹ ਪਹੁੰਚੇ। ਇਥੇ ਮੀਡੀਆ ਨਾਲ ਗੱਲਬਾਤ ਕਰ ਉਨ੍ਹਾਂ ਆਪਣੀ ਗੱਲ ਰੱਖਦਿਆਂ ਕਿਹਾ ਕਿ ਭਾਰਤ ਕੀ ਦੁਨੀਆ ਦੇ ਇਤਿਹਾਸ ਦੇ ਵਿਚ ਕਿਸਾਨ ਮੋਰਚਾ ਇਕ ਇਤਿਹਾਸਕ ਮੋਰਚਾ ਬਣ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਸੂਬਿਆਂ ਦੇ ਕਿਸਾਨਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦਾ ਪ੍ਰੇਰਿਤ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੋਲਕਾਤਾ ਦੇ 294 ਹਲਕਿਆਂ ਵਿੱਚ 294 ਗੱਡੀਆਂ ਵੱਖ-ਵੱਖ ਹਲਕਿਆਂ ਵਿੱਚ ਪ੍ਰਚਾਰ ਲਈ ਰਵਾਨਾ ਕੀਤੀਆਂ ਜਾਣਗੀਆਂ। ਕਿਸਾਨ ਆਗੂ ਪੰਜ ਰਾਜਾਂ ਵਿੱਚ ਜਾ ਕੇ ਲੋਕਾਂ ਨੂੰ ਭਾਜਪਾ ਖਿਲਾਫ਼ ਵੋਟ ਪਾਉਣ ਲਈ ਜਾਗਰੂਕ ਕਰਨਗੇ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨਾਲ ਮੀਟਿੰਗ ਕਰਕੇ ਨਿੱਜੀਕਰਨ ਦਾ ਵਿਰੋਧ ਕੀਤਾ ਜਾਵੇਗਾ। ਸਰਕਾਰ ਨੇ ਚਾਰ ਵਿਭਾਗ ਛੱਡ ਕੇ ਬਾਕੀ ਸਾਰੇ ਵਿਭਾਗਾਂ ਦਾ ਨਿੱਜੀਕਰਨ ਕਰਨ ਦੀ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨਾਲ ਆਮ ਜਨਤਾ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਨਿੱਜੀਕਰਨ ਖਿਲਾਫ਼ ਸੜਕਾਂ ’ਤੇ ਆਉਣ ਦਾ ਸੱਦਾ ਦਿੱਤਾ।
ਮਨਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਦਿੱਲੀ ਵਿਖੇ ਚੱਲ ਰਿਹਾ ਕਿਸਾਨ ਅੰਦੋਲਨ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਬਲਕਿ ਹਰ ਵਰਗ ਦੀ ਲਡ਼ਾਈ ਹੈ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਾਂਗ ਇਸ ਲੜਾਈ ਵਿਚ ਵੀ ਇਕਜੱੁਟਤਾ ਦੀ ਲੋੜ ਹੈ। ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਕਾਨੂੰਨ ਨੂੰ ਲੈ ਕੇ ਦੇਸ਼ ਵਿਚ ਐਨਾ ਵੱਡਾ ਅੰਦੋਲਨ ਸ਼ੁਰੂ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਉਹ ਇਸ ਕਾਨੂੰਨ ਨੂੰ ਰੱਦ ਕਰਾ ਕੇ ਹੀ ਘਰਾਂ ਨੂੰ ਪਰਤਣਗੇ। 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਵੀ ਕੀਤੀ।

0 Comments